ਹੁਣ ਹਿਮਾਚਲ ਨੇ ਮੰਗੇ ਪੰਜਾਬ ਨੂੰ ਮਿਲ ਰਹੇ ਪਾਣੀ ਦੇ ਪੈਸੇ

0
1837

ਆਉਂਦੇ ਦਿਨਾਂ ਚ ਦਰਿਆਈ ਪਾਣੀਆਂ ਦਾ ਮਸਲਾ ਮੁੜ ਭਖਣ ਦੀ ਸੰਭਾਵਨਾ ਹੈ | ਹਰਿਆਣਾ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਅਜੇ ਕਿਸੇ ਕੰਢੇ ਨਹੀਂ ਲੱਗਿਆ ਅਤੇ ਇਸ ਲੜਾਈ ਚ ਅੱਜ ਹਿਮਾਚਲ ਪ੍ਰਦੇਸ਼ ਵੀ ਕੁੱਦ ਪਿਆ ਹੈ |ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਚੰਡੀਗੜ੍ਹ ਵਿਖੇ ਕਿਹਾ ਕਿ ਹਿਮਾਚਲ ਸਰਕਾਰ ਜਲਦ ਪੰਜਾਬ ਅਤੇ ਹਰਿਆਣਾ ਤੋਂ ਪਾਣੀ ਤੇ ਰਾਇਲਟੀ ਦੇਣ ਸਬੰਧੀ ਮੰਗ ਕਰੇਗੀ |


ਉਨ੍ਹਾਂ ਕਿਹਾ ਕਿ ਪਹਿਲਾਂ ਉਹ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਸਾਂਝੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕਰਨ ਦੀ ਕੋਸ਼ਿਸ਼ ਕਰਨਗੇ ਪਰ ਜੇਕਰ ਮਸਲਾ ਗੱਲਬਾਤ ਨਾਲ ਹੱਲ ਨਾ ਹੁੰਦਾ ਦਿਖਿਆ ਤਾਂ ਉਹ ਕਾਨੂੰਨੀ ਤਰੀਕੇ ਨਾਲ ਆਪਣਾ ਹੱਕ ਲੈਣ ਦੀ ਕਾਰਵਾਈ ਸ਼ੁਰੂ ਕਰ ਦੇਣਗੇ | ਉਹ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਮੀਟ ਦਾ ਪ੍ਰੈੱਸ ਪ੍ਰੋਗਰਾਮ ਦੌਰਾਨ ਮੀਡੀਆ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ |

ਉਨ੍ਹਾਂ ਇਸ ਦੌਰਾਨ ਚੰਡੀਗੜ੍ਹ ਤੇ ਹਿਮਾਚਲ ਦਾ ਹੱਕ ਜਤਾਉਂਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਵਲੋਂ ਚੰਡੀਗੜ੍ਹ ਡੈਪੂਟੇਸ਼ਨ ਤੇ ਅਧਿਕਾਰੀ ਭੇਜੇ ਜਾਂਦੇ ਹਨ ਅਤੇ ਹਿਮਾਚਲ ਦੇ ਅਧਿਕਾਰੀਆਂ ਦੀ ਨਿਯੁਕਤੀ ਚੰਡੀਗੜ੍ਹ ਪ੍ਰਸ਼ਾਸਨ ਚ ਨਾ ਦੇ ਬਰਾਬਰ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਹਿਮਾਚਲ ਇਸ ਸਬੰਧੀ ਆਪਣਾ ਹੱਕ ਜ਼ਰੂਰ ਲਵੇਗਾ ਅਤੇ ਅਧਿਕਾਰੀਆਂ ਦਾ ਪੈਨਲ ਭੇਜਿਆ ਜਾਵੇਗਾ |